ਤਰਨ ਤਾਰਨ, 03 ਫਰਵਰੀ :
ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਸੀਨੀਅਰ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕਰਕੇ ਅਨੀਮੀਆ ਦਰ ਦਾ ਪਤਾ ਅਤੇ ਇਲਾਜ ਯਕੀਨੀ ਬਣਾਇਆ ਜਾਵੇਗਾ।
ਇਸ ਮੀਟਿੰਗ ਦੇ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਰਾਹੁਲ ਅਰੋੜਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ ਜਾਂਚ ਮੁਹਿੰਮ ਦੀ ਸ਼ੁਰੂਆਤ 06 ਫਰਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਵਿਖੇ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਅਨੀਮੀਆ ਮੁਕਤ ਭਾਰਤ ਮੁਹਿੰਮ ਦੇ ਪਹਿਲੇ ਫੇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 6 ਤੋਂ 12 ਤੱਕ ਦੀਆਂ ਜਮਾਤਾਂ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਨਾਂ ਦੇ ਹੀਮੋਗਲੋਬਿਨ ਲੈਵਲ ਦੀ ਜਾਂਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹੀਮੋਗਲੋਬਿਨ ਜਾਂਚ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਦਿਆਰਥਣਾਂ ਦੇ ਉਮਰ ਅਨੁਸਾਰ ਕੱਦ, ਹੱਡੀਆਂ ਅਤੇ ਮਾਸਪੇਸ਼ੀਆਂ ਦਾ ਵੀ ਨਿਰੀਖਣ ਕੀਤਾ ਜਾਵੇਗਾ।
ਸ੍ਰੀ ਰਾਹੁਲ ਨੇ ਦੱਸਿਆ ਕਿ ਅਨੀਮੀਆ ਮੁਕਤ ਭਾਰਤ ਮੁਹਿੰਮ ਦਾ ਮੁੱਖ ਮੰਤਵ ਸਕੂਲਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨਾ ਹੈ।ਉਨ੍ਹਾਂ ਦੱਸਿਆ ਕਿ ਖੂਨ ਦੀ ਜਾਂਚ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਵਿਸ਼ੇਸ਼ ਉਪਕਰਨ ਮੁਹੱਈਆ ਕਰਵਾਏ ਜਾਣਗੇ, ਜਿੰਨਾਂ ਰਾਹੀਂ ਵਿਦਿਆਰਥਣਾਂ ਨੂੰ ਬਿਨਾਂ ਸੂਈ ਚੁਭਾਏ ਹੀਮੋਗਲੋਬਿਨ ਲੈਵਲ ਬਾਰੇ ਪਤਾ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਲਈ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ (ਆਰ. ਬੀ. ਐਸ. ਕੇ. ) ਦੀਆਂ 10 ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁਹਿੰਮ ਦੌਰਾਨ ਵਰਤੇ ਜਾਣ ਵਾਲੇ ਉਪਕਰਨਾਂ ਦੀ ਟ੍ਰੇਨਿੰਗ ਸਿਹਤ ਵਿਭਾਗ ਦੇ ਮੈਡੀਕਲ ਅਫਸਰਾਂ ਨੂੰ ਦਿੱਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਜਿਹੜੀਆਂ ਵੀ ਵਿਦਿਆਰਥਣਾਂ ਅਨੀਮੀਆ ਤੋਂ ਪੀੜਿਤ ਪਾਈਆਂ ਜਾਣਗੀਆਂ ਉਹਨਾਂ ਦਾ ਫੌਰੀ ਇਲਾਜ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਯਕੀਨ ਨਹੀਂ ਬਣਾਇਆ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ 3ਟੀ (ਟਾਕ, ਟੈਸਟ, ਟਰੀਟ) ਫਾਰਮੂਲਾ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸਭ ਤੋਂ ਪਹਿਲਾਂ ਸਿਹਤ ਕਰਮੀਆਂ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ, ਉਸ ਉਪਰੰਤ ਉਹਨਾਂ ਦੇ ਖੂਨ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਅਨੀਮੀਆ ਤੋਂ ਪੀੜਿਤ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਯਕੀਨ ਨਹੀਂ ਬਣਾਇਆ ਜਾਂਦਾ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿਹਾ ਕਿ ਵਿਭਾਗ ਵੱਲੋਂ ਇਸ ਮੁਹਿੰਮ ਬਾਰੇ ਫੈਲਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਮੁਹਿੰਮ ਦਾ ਲਾਭ ਲੈ ਸਕਣ। ਉਹਨਾਂ ਦੱਸਿਆ ਕਿ ਅਨੀਮੀਆ ਦੀ ਸਮੱਸਿਆ ਕਾਰਨ ਬੱਚੇ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਸਮੱਸਿਆ ਨੂੰ ਲੜਕੀਆਂ ਵੱਲੋਂ ਕਦੇ ਵੀ ਲਾਪਰਵਾਹ ਨਹੀਂ ਹੋਣਾ ਚਾਹੀਦਾ।