ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ

Fazilka

ਫਾਜ਼ਿਲਕਾ 24 ਜੂਨ
 ਲੋਕ ਸਭਾ ਚੋਣਾਂ 2024 ਦੌਰਾਨ ਤਨਦੇਹੀ ਨਾਲ ਡਿਊਟੀ ਕਰਨ ਲਈ ਵੱਖ ਵੱਖ ਨੋਡਲ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਅੱਜ ਪ੍ਰਸ਼ੰਸਾ ਪੱਤਰ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਲੋਕ ਸਭਾ ਚੋਣਾਂ ਲੋਕਤੰਤਰ ਦਾ ਆਧਾਰ ਹੁੰਦੀਆਂ ਹਨ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੇ ਇੱਕ ਟੀਮ ਵਜੋਂ ਕੰਮ ਕਰਦਿਆਂ ਇਹ ਚੋਣਾਂ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮੁਕੰਮਲ ਕਰਾਈਆਂ। ਚੋਣਾਂ ਜਿੱਥੇ ਪੂਰੀ ਤਰ੍ਹਾਂ ਨਾਲ ਨਿਰਪੱਖ ਅਤੇ ਸ਼ਾਂਤਮਈ ਹੋਈਆਂ ਉੱਥੇ ਹੀ ਇਸ ਨਾਲ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ ਵਧਿਆ।
 ਉਹਨਾਂ ਨੇ ਇਸ ਲਈ ਚੋਣ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਉਹਨਾਂ ਨੇ ਆਖਿਆ ਕਿ ਚੋਣਾਂ ਦੌਰਾਨ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜਨ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਸਨ ਅਤੇ ਉਨਾਂ ਦੀਆਂ ਟੀਮਾਂ ਨੇ ਪੇਸ਼ੇਵਰਾਨਾ ਨਿਪੁੰਨਤਾ ਦਾ ਪ੍ਰਗਟਾਵਾ ਕਰਦਿਆਂ ਆਪਣੀ ਡਿਊਟੀ ਨਿਭਾਈ । ਇਸ ਲਈ ਫਾਜ਼ਿਲਕਾ ਟੀਮ ਸਲਾਘਾ ਦੀ ਪਾਤਰ ਹੈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਵੀ ਲੋਕ ਸਭਾ ਚੋਣਾਂ ਵਿੱਚ ਵਧੀਆ ਕੰਮ ਕਰਨ ਵਾਲੇ ਨੋਡਲ ਅਫਸਰਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
 ਇਸ ਮੌਕੇ ਐਸਡੀਐਮ ਸ੍ਰੀ ਪੰਕਜ ਬਾਂਸਲ ਅਤੇ ਬਲਕਰਨ ਸਿੰਘ, ਤਹਿਸੀਲਦਾਰ ਸੁਖਬੀਰ ਕੌਰ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ, ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ, ਏਈਟੀਸੀ ਰਣਧੀਰ ਸਿੰਘ, ਜਿਲਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਡੀਆਰ ਸੋਨੂ ਮਹਾਜਨ, ਏਸੀਐਫਏ ਵਿਨੇ ਬਾਜਾਜ ਵੀ ਹਾਜ਼ਰ ਸਨ। ਤਹਿਸੀਲਦਾਰ ਚੋਣਾਂ ਨੇ ਅੰਤ ਤੇ ਸਭ ਦਾ ਧੰਨਵਾਦ ਕੀਤਾ।