ਚੰਡੀਗੜ੍ਹ, 30 ਅਗਸਤ, 2024:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ


