ਫਿਲੌਰ (ਜਲੰਧਰ), 21 ਅਪ੍ਰੈਲ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਹੋ ਰਹੀ ਹੈ ਅਤੇ ਰੋਜ਼ਾਨਾ ਪੰਜਾਬ ਭਰ ਵਿੱਚ ਔਸਤਨ 10 ਲੱਖ ਮੀਟ੍ਰਿਕ ਟਨ ਕਣਕ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਣਕ ਦੇ ਖ਼ਰੀਦ ਸੀਜ਼ਨ ਨੂੰ ਕਿਸਾਨਾਂ ਦੀ ਸਹੂਲਤ ਨੂੰ ਪੂਰੀ ਤਵਜੋਂ ਦਿੰਦਿਆਂ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਫਿਲੌਰ ਦੀ ਦਾਣਾ ਮੰਡੀ ਵਿਖੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਆਪਣੇ ਸਿਖ਼ਰ ‘ਤੇ ਪਹੁੰਚ ਰਹੀ ਹੈ ਅਤੇ ਸੂਬੇ ਭਰ ਦੇ 1,864 ਨਿਰਧਾਰਿਤ ਖ਼ਰੀਦ ਕੇਂਦਰਾਂ ‘ਤੇ 37 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਪਹਿਲਾਂ ਹੀ ਆ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ‘ਤੇ 33.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸਮੇਂ ਸਿਰ ਅਦਾਇਗੀਆਂ ’ਤੇ ਸਰਕਾਰ ਦੇ ਵਿਸ਼ੇਸ਼ ਧਿਆਨ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਫ਼ਸਲ ਲਈ 3,216 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ְ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਸਮੇਤ ਸਾਰੀਆਂ ਧਿਰਾਂ ਦੀ ਭਲਾਈ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਮਜ਼ਦੂਰਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਅੰਦਾਜ਼ਨ 25 ਕਰੋੜ ਬੋਰੀਆਂ ਦੀ ਸੰਭਾਲ ਦੇ ਮੱਦੇਨਜ਼ਰ ਕਿਰਤ ਦਰਾਂ ਵਿੱਚ ਪਹਿਲਾਂ ਹੀ ਸੋਧ ਕੀਤੀ ਜਾ ਚੁੱਕੀ ਹੈ ਅਤੇ ਇਹ 2.21 ਰੁਪਏ ਤੋਂ ਵਧਾ ਕੇ 2.64 ਰੁਪਏ ਪ੍ਰਤੀ ਬੈਗ ਕੀਤੀ ਗਈ ਹੈ। ਇਸ ਸੋਧ ਰਾਹੀਂ ਸੂਬਾ ਸਰਕਾਰ ਵੱਲੋਂ ਪੰਜਾਬ ਪੱਧਰ ’ਤੇ ਮੰਡੀ ਮਜ਼ਦੂਰਾਂ ਨੂੰ ਲਗਭਗ 10 ਕਰੋੜ ਰੁਪਏ ਦਾ ਫਾਇਦਾ ਦਿੱਤਾ ਜਾ ਰਿਹਾ ਹੈ
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਕਟਾਰੂਚੱਕ ਨੂੰ ਚੱਲ ਰਹੀ ਖ਼ਰੀਦ ਬਾਰੇ ਸਕਾਰਾਤਮਕ ਪ੍ਰਤੀਕਿਰਿਆ ਮਿਲੀ। ਪਿੰਡ ਅਕਾਲਪੁਰ ਦੇ ਕਿਸਾਨ ਪਰਮਜੀਤ ਸਿੰਘ ਨੇ ਆਪਣੀ ਫ਼ਸਲ ਦੀ ਸੁਚਾਰੂ ਅਤੇ ਜਲਦ ਖ਼ਰੀਦ ਲਈ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਸਮੁੱਚੀ ਪ੍ਰਕਿਰਿਆ ਨੂੰ ਕੁਸ਼ਲ ਅਤੇ ਮੁਸ਼ਕਲ ਰਹਿਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਬੰਪਰ ਫ਼ਸਲ ਦੀ ਪੈਦਾਵਾਰ ਦੀਆਂ ਰਿਪੋਰਟਾਂ ਵਿਚਕਾਰ ਸਰਕਾਰ ਨੇ ਇਸ ਸੀਜ਼ਨ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ।
ਇਸ ਮੌਕੇ ਐਸ.ਡੀ.ਐਮ. ਅਮਨਪਾਲ ਸਿੰਘ, ਆਪ ਆਗੂ ਪ੍ਰਿੰ. ਪ੍ਰੇਮ ਕੁਮਾਰ, ਡੀ.ਐਮ.ਓ. ਅਰਵਿੰਦਰ ਸਿੰਘ ਅਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਵੀ ਮੌਜੂਦ ਸਨ।