ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ

Politics Punjab

ਚੰਡੀਗੜ੍ਹ/ਜਲੰਧਰ, 14 ਅਪ੍ਰੈਲ:

ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਕਰਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਮੁਸ਼ਕਲ ਰਹਿਤ ਵੰਡ ਰਾਹੀਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਸ਼ਕਤ ਬਣਾਇਆ ਜਾ ਰਿਹਾ ਹੈ।

ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਮਨਾਉਣ ਲਈ ਡੇਵਿਅਟ, ਜਲੰਧਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਅੰਬਡਕਰ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। ਕੈਬਨਿਟ ਮੰਤਰੀ ਸ. ਚੀਮਾ, ਜਿਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਪਹਿਲਾਂ ਜਿੰਨਾ ਹੀ ਪ੍ਰਸੰਗਿਕ ਹੈ ।

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵਜੋਂ ਡਾ. ਅੰਬੇਡਕਰ ਦੇ ਮਿਸਾਲੀ ਯੋਗਦਾਨ ਬਾਰੇ ਗੱਲ ਕਰਦਿਆਂ ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੇ ਹਰੇਕ ਲਈ ਵੋਟ ਦੇ ਬਰਾਬਰ ਅਧਿਕਾਰ ਨੂੰ ਯਕੀਨੀ ਬਣਾਉਂਦਿਆਂ ਸਾਰਿਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਸਸ਼ਕਤ ਬਣਾਇਆ। ਉਨ੍ਹਾਂ ਕਿਹਾ ਕਿ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦਾ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਅਸੀਂ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਦੇ ਹਾਂ।

ਡਾ. ਅੰਬੇਡਕਰ ਨੂੰ ਇੱਕ ਆਲਮੀ ਰਸੂਖ ਵਾਲਾ ਵਿਅਕਤੀ ਦੱਸਦਿਆਂ ਸ੍ਰੀ ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਮਿਲੇ ਕੇ  ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਸਾਡਾ ਸੰਵਿਧਾਨ ਤਿਆਰ ਕੀਤਾ ਬਲਕਿ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਨਾਲ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਦੀ ਨੀਂਹ ਵੀ ਰੱਖੀ।

ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਇਹ ਯਕੀਨੀ ਬਣਾਇਆ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਾਉਣ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੀਆਂ ਗਈਆਂ ਕਈ ਪਹਿਲਕਦਮੀਆਂ ਦਾ ਵੇਰਵਾ ਵੀ ਦਿੱਤਾ, ਜਿਸ ਵਿੱਚ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀ ਨਿਯੁਕਤੀ ‘ਚ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 58 ਅਸਾਮੀਆਂ ਦਾ ਰਾਖਵਾਂਕਰਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ, ਜਦਕਿ ਪਿਛਲੀਆਂ ਸਰਕਾਰਾਂ ਨੇ ਐਸ.ਸੀ. ਵਿਦਿਆਰਥੀਆਂ ਦੀ ਭਲਾਈ ਲਈ ਆਉਣ ਵਾਲੇ ਫੰਡਾਂ ਦੀ ਵਰਤੋਂ ਆਪਣੇ ਸੌੜੇ ਹਿੱਤ ਪੂਰਨ ਲਈ ਕੀਤੀ।

ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਸ਼ੀਏ ‘ਤੇ ਧੱਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਸ.ਸੀ. ਕਾਰਪੋਰੇਸ਼ਨ ਵੱਲੋਂ 31 ਮਾਰਚ, 2020 ਤੋਂ ਪਹਿਲਾਂ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀਆਂ-ਤੁਰਸ਼ੀਆਂ ਨਾਲ ਜੂਝ ਰਹੇ ਕਰਜ਼ਾ ਮੋੜਨ ‘ਚ ਅਸਮਰੱਥ ਪਰਿਵਾਰਾਂ ਨੂੰ ਵੱਡਾ ਲਾਭ ਮਿਲਿਆ।

ਵਿਦਿਆਰਥੀਆਂ ਨੂੰ ਸੂਬੇ ਦੀ ਚੱਲ ਰਹੀ ਮੈਗਾ ਰੋਜ਼ਗਾਰ ਮੁਹਿੰਮ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਇਹ ਕਹਿੰਦਿਆਂ ਕਿ ਅੱਗੇ ਵੀ ਨੌਜਵਾਨਾਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਹੋਰ ਮੌਕੇ ਆ ਰਹੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨ ਇਨ੍ਹਾਂ ਮੌਕਿਆਂ ਦਾ ਲਾਭ ਲੈਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।

ਇਸ ਮੌਕੇ ਸ. ਚੀਮਾ ਨੇ ਅਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਵੀ ਵੰਡੇ। ਇਸ ਦੇ ਨਾਲ ਹੀ ਇਸ ਮੌਕੇ ਕਈ ਲਾਭਪਾਤਰੀਆਂ ਨੇ ਆਪਣੀਆਂ ਨਿੱਜੀ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਕਿ ਕਿਵੇਂ ਇਨ੍ਹਾਂ ਭਲਾਈ ਸਕੀਮਾਂ ਨੇ ਲੋੜ ਸਮੇਂ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪਹੁੰਚਾਈ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਇੱਕ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ ਗਈ ਜਿਸ ਵਿੱਚ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਇਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਸ.ਚੀਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਸੁਧਾਰ ਟਰੱਸਟ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੀ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ‘ਆਪ’ ਦੇ ਜ਼ਿਲ੍ਹਾ ਰੂਰਲ ਪ੍ਰਧਾਨ ਸਟੀਫਨ ਕਲੇਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਪਵਨ ਕੁਮਾਰ ਟੀਨੂੰ, ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਸ਼ਾਮਲ ਸਨ।
——-

Leave a Reply

Your email address will not be published. Required fields are marked *