ਮਾਨਸਾ, 01 ਫਰਵਰੀ :
ਪੀ.ਸੀ.ਪੀ.ਐਨ.ਡੀ.ਟੀ.ਐਕਟ ਅਧੀਨ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਮੰਤਵ ਲਈ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਪੱਖ ਤੋਂ ਪੱਛੜੀਆਂ ਨਹੀ ਹਨ ਅਤੇ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਲਿੰੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਜ਼ਿਲ੍ਹਾ ਮਾਨਸਾ ਦੇ 10 ਪਿੰਡਾ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜਰ ਰੱਖੀ ਹੋਈ ਹੈ ਅਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ-ਸਮੇਂ ’ਤੇ ਕੀਤੀ ਜਾ ਰਹੀ ਹੈਂ। ਇਸ ਤੋਂ ਇਲਾਵਾ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ ਜਾਂਦੀ ਹੈ ਅਤੇ ਰਿਕਾਰਡ ਠੀਕ ਨਾ ਹੋਣ ਦੀ ਸੂਰਤ ਵਿੱਚ ਵੱਖ-ਵੱਖ ਧਾਰਾਵਾਂ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਸੀਨੀਅਰ ਮੈਡੀਕਲ ਅਫ਼ਸਰ ਐਸ.ਡੀ.ਐਚ. ਸਰਦੂਲਗੜ੍ਹ ਡਾ. ਨਵਨੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹਨ। ਇਸ ਅਪਰਾਧ ਵਿਚ ਸ਼ਾਮਿਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੇ ਦੋਸ਼ੀ ਮੰਨੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜਾਰ ਰੁਪਏ ਤੱਕ ਜੁਰਮਾਨਾ ਅਤੇ ਛੇ ਮਹੀਨਿਆ ਤੋਂ ਲੈ ਕੇ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖ਼ਤ ਕਦਮ ਚੁੱਕ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਦੇ ਸਹਿਯੋਗ ਨਾਲ ਦੋ ਬੱਚੀਆਂ ਵਾਲੀਆਂ ਗਰਭਵਤੀ ਮਾਵਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ, ਗਰਭਵਤੀ ਮਾਵਾਂ ਦੀ ਜਲਦੀ ਤੋਂ ਜਲਦੀ ਰਜਿਸ਼ਟੇਸ਼ਨ ਕਰਨ ’ਤੇ ਜੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਭਰੂਣ ਹੱਤਿਆ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਡਾ. ਪ੍ਰਵਿਸ਼ ਬੱਚਿਆ ਦੇ ਮਾਹਿਰ, ਡਾ. ਰਛਮੀ ਗਾਇਨੀਕਾਲੋਜਿਸਟ, ਡਾ. ਜੀਵਨ ਸਿੰਗਲਾ ਐਮ.ਡੀ., ਅਮਿਤ ਸਿੰਗਲਾ ਲੀਗਲ ਐਡਵਾਈਜ਼ਰ, ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਰੇਨੂੰ ਪੀ.ਐਨ.ਡੀ.ਟੀ.ਕੁਆਰਡੀਨੇਟਰ, ਹੇਮਾ ਗੁਪਤਾ, ਪ੍ਰਵੀਨ ਕੁਮਾਰ ਟੋਨੀ ਅਤੇ ਵਿਨੋਦ ਕੁਮਾਰ ਸਮਾਜ ਸੇਵੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਹਨ।
ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲਜ਼ਿਲ੍ਹੇ ਦੇ ਪਿੰਡਾਂ ਨੂੰ ਕੀਤਾ ਜਾਵੇਗਾ ਸਨਮਾਨਿਤ


