ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

Fazilka

ਫਾਜ਼ਿਲਕਾ, 18 ਅਪ੍ਰੈਲ

ਸੂਬੇ ‘ਚ ਇਸ ਗਰਮੀ ਦੇ ਮੌਸਮ ‘ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ ‘ਚ ਸਭ ਤੋਂ ਵੱਡੀ ਸਮੱਸਿਆ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਇਸ ਸਬੰਧੀ ਅੱਜ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਇਸ ਸਬੰਧੀ ਫੀਲਡ ਵਿਖੇ  ਜਾਗਰੂਕਤਾ ਪੈਦਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਡੀਸਨ ਐਰਿਕ, ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ, ਜ਼ਿਲ੍ਹਾ ਐਪੀਡੀਮਿਕ ਅਫ਼ਸਰ ਡਾ: ਸੁਨੀਤਾ ਕੰਬੋਜ, ਡਾ: ਅਮਨਾ ਕੰਬੋਜ, ਮਾਸ ਮੀਡੀਆ ਸ਼ਾਖਾ ਤੋਂ ਦਿਵੇਸ਼ ਕੁਮਾਰ ਸਟੈਨੋ, ਰੋਹਿਤ. ਸਚਦੇਵਾ, ਮੋਹਿਤ ਭਟੇਜਾ ਹਾਜ਼ਰ ਸਨ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ ਸਿੰਘ ਨੇ ਕਿਹਾ ਕਿ ਫੀਲਡ ਵਿੱਚ ਏ.ਐਨ.ਐਮਜ਼ ਅਤੇ ਸੀ.ਐਚ.ਓਜ਼ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰੇ ਕਿ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ, ਕਾਮਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ ਤੇ ਪੀੜਤ ਲੋਕਾਂ, ਦਿਲ ਦੇ ਰੋਗੀਆਂ ਆਦਿ ਨੂੰ ਉੱਚ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਬਾਹਰ ਨਹੀਂ ਨਿਕਲਣਾ ਚਾਹੀਦਾ, ਇਸ ਲਈ ਸਾਨੂੰ ਸਵੇਰੇ-ਸ਼ਾਮ ਬਾਹਰੀ ਕੰਮ ਕਰਨੇ ਚਾਹੀਦੇ ਹਨ। ਸਾਨੂੰ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ ਭਾਵੇਂ ਸਾਨੂੰ ਪਿਆਸ ਨਾ ਵੀ ਲੱਗੇ ਪਰ ਮਿਰਗੀ ਜਾਂ ਦਿਲ ਦੇ ਰੋਗ, ਗੁਰਦੇ ਜਾਂ ਜਿਗਰ ਦੇ ਰੋਗਾਂ ਤੋਂ ਪੀੜਤ ਲੋਕਾਂ ਨੂੰ ਪਾਣੀ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧੁੱਪ ‘ਚ ਨੰਗੇ ਪੈਰ ਨਾ ਜਾਓ। ਜਿਹੜੇ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਲਈ ਕੁਝ ਸਮੇਂ ਬਾਅਦ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਅਤੇ ਆਪਣੇ ਸਿਰ ‘ਤੇ ਗਿੱਲਾ ਤੌਲੀਆ ਜਾਂ ਕੱਪੜਾ ਰੱਖਣਾ ਚਾਹੀਦਾ ਹੈ ਅਤੇ ਹਮੇਸ਼ਾ ਆਪਣੇ ਨਾਲ ਪਾਣੀ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਤੋਰੀ  ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿੱਚ ਵੱਧ ਤੋਂ ਵੱਧ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਲਗਾਉਣਾ ਚਾਹੀਦਾ ਹੈ, ਥੋੜ੍ਹਾ-ਥੋੜ੍ਹਾ ਖਾਣਾ ਜ਼ਿਆਦਾ ਖਾਓ, ਠੰਡੇ ਪਾਣੀ ਨਾਲ ਇਸ਼ਨਾਨ ਕਰੋ। ਸੂਤੀ ਕੱਪੜੇ ਦੇ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ। ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਹੌਲੀ-ਹੌਲੀ ਸ਼ੁਰੂ ਕਰੋ ਤਾਂ ਕਿ ਸਰੀਰ ਦਾ ਤਾਪਮਾਨ ਅਨੁਕੂਲ ਰਹੇ।

ਰਵਾਇਤੀ ਭੋਜਨ ਜਿਵੇਂ ਪਿਆਜ਼ ਦਾ ਸਲਾਦ, ਕੱਚਾ ਅੰਬ ਲੂਣ ਅਤੇ ਜੀਰੇ ਨਾਲ ਖਾਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ, ਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੌਲੀਏ ਲਟਕਾਓ ਅਤੇ ਹੇਠਲੇ ਮੰਜ਼ਿਲ ‘ਤੇ ਰਹਿਣ ਦੀ ਕੋਸ਼ਿਸ਼ ਕਰੋ। ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਖਾਣਾ ਬਣਾਉਣ ਤੋਂ ਬਚੋ ਅਤੇ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦਾ ਸੇਵਨ ਨਾ ਕਰੋ। ਚਾਹ ਅਤੇ ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕਰੋ, ਤਲੇ ਹੋਏ ਅਤੇ ਬਾਹਰਲੇ ਭੋਜਨ ਖਾਣ ਤੋਂ ਪਰਹੇਜ਼ ਕਰੋ।