ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ 

Bathinda Politics Punjab

ਬਠਿੰਡਾ, 27 ਨਵੰਬਰ : ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਬਹੁਤ ਮਹੱਤਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਦੀ ਸੰਭਾਲ ਅਤੇ ਜਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਵਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ 9ਵੇ ਅੰਤਰ-ਜ਼ੋਨਲ ਯੁਵਕ ਮੇਲਾ, “ਹੱਸਦਾ ਨੱਚਦਾ ਪੰਜਾਬ” ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਮੇਲੇ ਜਿੱਥੇ ਕਲਾ ਦੇ ਜੌਹਰ ਦਿਖਾਉਣ ਦੇ ਮੌਕੇ ਪ੍ਰਦਾਨ ਕਰਦੇ ਹਨ ਉੱਥੇ ਹੀ ਇੱਕ ਦੂਜੇ ਨੂੰ ਸਮਝਣ ਦਾ ਸਮਾਂ ਵੀ ਦਿੰਦੇ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਕਲਾ ਨਿਖਾਰਨ ‘ਚ ਯੂਥ ਮੇਲਿਆਂ ਦਾ ਬਹੁਤ ਅਹਿਮ ਰੋਲ ਹੁੰਦਾ ਹੈ।

ਇਸ ਦੋ ਰੋਜ਼ਾ ਯੂਥ ਫੈਸਟੀਵਲ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਅਧੀਨ ਪੈਂਦੇ 25 ਮਾਨਤਾ ਪ੍ਰਾਪਤ ਕਾਲਜਾਂ ਦੇ ਕਰੀਬ 700 ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਜਿਹਨਾਂ ਵੱਲੋਂ ਗਿੱਧਾ, ਡੁਏਟ ਡਾਂਸ, ਅਤੇ ਹਿੰਦੀ ਸੋਲੋ ਡਾਂਸ, ਮਿਮਿਕਰੀ, ਨਾਟਕ, ਪੇਂਟਿੰਗ, ਮਹਿੰਦੀ, ਕਲੇਅ ਮਾਡਲਿੰਗ, ਕਾਰਟੂਨਿੰਗ, ਫੋਟੋਗ੍ਰਾਫੀ, ਰਚਨਾਤਮਕ ਲੇਖਣੀ (ਨਿਬੰਧ ਅਤੇ ਛੋਟੀ ਕਹਾਣੀ) ਸੰਗੀਤਕ ਮੁਕਾਬਲੇ ਫੋਕ ਆਰਕੈਸਟਰਾ, ਲਾਈਟ ਵੋਕਲ (ਭਾਰਤੀ), ਫੋਕ ਇੰਸਟਰੂਮੈਂਟਲ ਸੋਲੋ, ਕਲਾਸੀਕਲ ਵੋਕਲ ਅਤੇ ਇੰਸਟਰੂਮੈਂਟਲ ਆਦਿ ਆਪੋ-ਆਪਣੀਆਂ ਕਲਾਵਾਂ ਦੇ ਜ਼ੋਰ ਦਿਖਾਏ। ਇਸ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਸੰਦੀਪ ਕੌਂਸਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ ਆਰਪੀ ਸਿੰਘ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਡਿਪਟੀ ਡਾਇਰੈਕਟਰ ਸ. ਹਰਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।