ਲੁਧਿਆਣਾ, 7 ਮਈ (000) – ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਸ਼ਰਾਬ ਅਤੇ ਨਕਦੀ ਦੇ ਆਦਾਨ-ਪ੍ਰਦਾਨ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਹੋਏ ਹਨ। ਲੁਧਿਆਣਾ ਜ਼ਿਲੇ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਜਦਕਿ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਅਧੀਨ ਪੰਜ ਟੀਮਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਚੋਣ ਕਮਿਸ਼ਨ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰ ਹਨ ਅਤੇ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਸ਼ਕਤੀਆਂ ਵਾਲੇ ਅਧਿਕਾਰੀ ਕਰਦੇ ਹਨ ਅਤੇ ਰੋਜ਼ਾਨਾ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ। ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਮੁਹਿੰਮ ਦੇ ਖਰਚੇ ਸੀਮਾਵਾਂ ਦੇ ਅੰਦਰ ਹੋਣ, ਜਿਸ ਵਿੱਚ 10,000 ਰੁਪਏ ਤੋਂ ਵੱਧ ਦੀ ਮੁਹਿੰਮ ਸਮੱਗਰੀ ਅਤੇ 50,000 ਰੁਪਏ ਤੋਂ ਵੱਧ ਨਕਦੀ ਲੈ ਕੇ ਜਾਣ ਵਾਲਾ ਕੋਈ ਵੀ ਵਾਹਨ ਸ਼ਾਮਲ ਹੈ। ਉਹ ਉਹਨਾਂ ਵਸਤੂਆਂ ਦੀ ਵੀ ਜਾਂਚ ਕਰਨਗੇ ਜੋ ਵੋਟਰਾਂ ਨੂੰ ਰਿਸ਼ਵਤ ਵਜੋਂ ਵਰਤੀਆਂ ਜਾ ਸਕਦੀਆਂ ਹਨ ਜਿਵੇਂ ਕਿ ਗੈਰ-ਕਾਨੂੰਨੀ ਸ਼ਰਾਬ, ਹਥਿਆਰ ਅਤੇ ਹੋਰ ਸ਼ੱਕੀ ਗਤੀਵਿਧੀਆਂ ਜੋ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਾਰੇ ਜਾਣਕਾਰੀ ਤੁਰੰਤ ਆਮਦਨ ਕਰ ਵਿਭਾਗ ਨੂੰ, ਨਸ਼ੀਲੇ ਪਦਾਰਥਾਂ ਦੀ ਸੂਚਨਾ ਨਾਰਕੋਟਿਕਸ ਬਿਊਰੋ ਨੂੰ, ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਅਤੇ ਵਸਤਾਂ ਬਾਰੇ ਜੀ.ਐਸ.ਟੀ. ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸੰਸਦੀ ਹਲਕੇ ਅਧੀਨ ਆਉਂਦੇ ਆਤਮ ਨਗਰ, ਗਿੱਲ ਅਤੇ ਲੁਧਿਆਣਾ ਦੱਖਣੀ ਹਲਕੇ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਅਧੀਨ ਸਾਹਨੇਵਾਲ ਵਿਧਾਨ ਸਭਾ ਹਲਕਾ (ਜੋ ਲੁਧਿਆਣਾ ਜ਼ਿਲ੍ਹੇ ਵਿੱਚ ਆਉਂਦਾ ਹੈ) ਖਰਚੇ ਦੇ ਪੱਖੋਂ ਸੰਵੇਦਨਸ਼ੀਲ ਹਨ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਲਾਕਾ ਨਿਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਪ੍ਰਭਾਵ ਤੋਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ।