ਬਰਨਾਲਾ, 11 ਜੁਲਾਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਬਰਨਾਲਾ ਵਿਖੇ ‘ਵਿਸ਼ਵ ਆਬਾਦੀ ਦਿਵਸ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਆਬਾਦੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 20 ਜੁਲਾਈ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਜੱਚਾ-ਬੱਚਾ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵਿਆਹੇ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਵਾਰ ਵਿਸ਼ਵ ਆਬਾਦੀ ਦਿਵਸ ਦੀ ਮੁਹਿੰਮ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਸਲੋਗਨ ਤਹਿਤ ਮਨਾਈ ਜਾ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਪਰਿਵਾਰ ਨਿਯੋਜਨ ਦੀਆਂ. ਸੇਵਾਵਾਂ ਜਿਵੇਂ ਕਿ ਕਾਪਰ-ਟੀ, ਐਮਰਜੈਂਸੀ ਪਿਲਜ਼, ਓਰਲ ਪਿਲਜ਼, ਅੰਤਰਾ ਟੀਕਾ, ਔਰਤ ਨਲਬੰਦੀ ਅਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਅਤੇ ਜ਼ਿਲ੍ਹਾ ਕਮਿਊਨਿਟੀ ਮੈਨੇਜਰ ਬਲਜਿੰਦਰ ਸਿੰਘ ਨੇ “ਛੋਟਾ ਪਰਿਵਾਰ, ਸੁਖੀ ਪਰਿਵਾਰ” ਦੇ ਸੰਕਲਪ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਯੋਗ ਜੋੜਿਆਂ ਨੂੰ ਵਿਆਹ ਤੋਂ 2 ਸਾਲ ਬਾਅਦ ਪਹਿਲਾ ਬੱਚਾ ਕਰਨ ਅਤੇ ਦੋ ਬੱਚਿਆਂ ਵਿਚਕਾਰ ਘੱਟੋ-ਘੱਟ ਤਿੰਨ ਸਾਲ ਦਾ ਫ਼ਰਕ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਗਰਭ ਧਾਰਨ ਕਰਨ ਨਾਲ ਮਾਂ ਅਤੇ ਬੱਚਾ ਸਰੀਰਕ ਤੌਰ ‘ਤੇ ਕਮਜ਼ੋਰ ਹੋ ਸਕਦੇ ਹਨ, ਇਸ ਲਈ ਜਾਗਰੂਕਤਾ ਅਪਣਾ ਕੇ ਅਤੇ ਬੱਚਿਆਂ ਵਿੱਚ ਸਹੀ ਅੰਤਰਾਲ ਰੱਖ ਕੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਅਤੇ ਬਾਲ ਮੌਤ ਦਰ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।